ਭਾਕਿਯੂ ਏਕਤਾ ਉਗਰਾਹਾਂ ਵਲੋਂ 22 ਮਈ ਦੇ ਧਰਨੇ ਸਬੰਧੀ ਕਿਸਾਨਾਂ ਦੀ ਲਾਮਬੰਦੀ ਸ਼ੁਰੂ, ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕੀਤਾ ਸੰਬੋਧਨ
ਸਰਦੂਲਗੜ੍ਹ – 19 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਵਲੋਂ 22 ਮਈ 2023 ਦੇ ਰੱਖੇ ਪ੍ਰੋਗਰਾਮ ਨੂੰ ਲੈ ਕੇ ਪਿੰਡਾਂ ਅੰਦਰ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਸਰਦੂਲਗੜ੍ਹ ਇਕਾਈ ਦੁਆਰਾ ਮੀਰਪੁਰ ਕਲਾਂ, ਆਲੀਕੇ, ਝੰਡੂਕੇ ਵਿਖੇ ਬਲਾਕ ਪ੍ਰਧਾਨ ਹਰਪਾਲ ਸਿੰਘ ਮੀਰਪੁਰ ਕਲਾਂ ਦੀ ਅਗਵਾਈ ‘ਚ ਕਿਸਾਨ ਜਲਸੇ ਕੀਤੇ ਗਏ।
ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਉਣ ਵਾਲੀ 22 ਮਈ ਨੂੰ ਰਾਜ ਦੇ ਸਮੂਹ ਐੱਸ.ਡੀ.ਐੱਮ. ਦਫ਼ਤਰਾਂ ਮੂਹਰੇ ਵਿਸ਼ਾਲ ਧਰਨੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਐਲਾਨੇ ਗਏ ਮੁਆਵਜ਼ੇ ਦੀ ਰਾਸ਼ੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਅਜੇ ਤੱਕ ਨਹੀਂ ਮਿਲੀ। ਲੰਪੀ ਸਕਿਨ ਦੀ ਬਿਮਾਰੀ ਨਾਲ ਹੋਏ ਨੁਕਸਾਨ ਤੋਂ ਪ੍ਰਭਾਵਿਤ ਲੋਕਾਂ ਨੂੰ ਕੋਈ ਆਰਥਿਕ ਸਹਾਇਤਾ ਨਹੀਂ ਦਿੱਤੀ ਗਈ। ਉਪਰੋਕਤ ਸਾਰੇ ਮਸਲਿਆਂ ਨੂੰ ਵਿਚਾਰਦੇ ਹੋਏ ਜਥੇਬੰਦੀ ਨੇ ਤਿੱਖਾ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਲੀਲਾ ਸਿੰਘ, ਸੁਖਦੇਵ ਸਿੰਘ, ਸਾਧੂ ਸਿੰਘ, ਰਾਜ ਸਿੰਘ, ਰਣਜੀਤ ਸਿੰਘ ਕਾਲਾ, ਗੁਰਲਾਭ ਸਿੰਘ, ਬਹਾਦਰ ਸਿੰਘ, ਪਰਮਜੀਤ ਸਿੰਘ, ਇਕਬਾਲ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।