ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਧਰਨਾ ਲਗਾਇਆ
ਸਰਦੂਲਗੜ੍ਹ – 22 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਦੇ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ। ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੇਮੌਸਮੀ ਬਰਸਾਤ ਨਾਲ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਮੁੱਖ ਮੰਤਰੀ ਦੇ ਐਲਾਨ ਮੁਤਾਬਿਕ ਨਹੀਂ ਦਿੱਤਾ ਗਿਆ। ਇਸ ਤੋਂ ਪਹਿਲਾਂ ਲੰਪੀ ਸਕਿਨ ਦੀ ਬਿਮਾਰੀ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਨੇ ਲੋਕਾਂ ਦੀ ਕੋਈ ਆਰਥਿਕ ਸਹਾਇਤਾ ਨਹੀਂ ਕੀਤੀ। ਪਿਛਲੇ ਸਮੇਂ ਦੌਰਾਨ ਨਰਮਾ ਖਰਾਬੇ ਦਾ ਮੁਆਵਜ਼ਾ ਵੀ ਸਾਰੇ ਕਿਸਾਨਾਂ ਨੂੰ ਨਹੀਂ ਮਿਲ ਸਕਿਆ।ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਆਉਣ ਵਾਲੇ ਦਿਨਾਂ ‘ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਇਸ ਮੌਕੇ ਬਲਾਕ ਸਰਦੂਲਗੜ੍ਹ ਦੇ ਪ੍ਰਧਾਨ ਹਰਪਾਲ ਸਿੰਘ ਮੀਰਪੁਰ, ਭਾਨ ਸਿੰਘ ਬਰਨਾਲਾ, ਜਗਸੀਰ ਸਿੰਘ ਜਵਾਹਰਕੇ, ਭੋਲਾ ਸਿੰਘ ਮਾਖਾ, ਜਸਦੇਵ ਸਿੰਘ ਝੁਨੀਰ, ਉੱਤਮ ਸਿੰਘ ਰਾਮਾਨੰਦੀ, ਕੁਲਦੀਪ ਸਿੰਘ, ਹਰਪਾਲ ਸਿੰਘ, ਗੁਰਤੇਜ ਸਿੰਘ, ਹਰਭਿੰਦਰ ਸਿੰਘ, ਤਿਰਲੋਚਨ ਸਿੰਘ, ਜਗਜੀਤ ਸਿੰਘ ਜਟਾਣਾ, ਬਿੰਦਰ ਸਿੰਘ ਝੰਡਾ ਹਾਜ਼ਰ ਸਨ।