ਮੁਲਾਜ਼ਮਾਂ ਦੇ ਡੀ.ਏ. ਦੇ ਮਾਮਲੇ ‘ਤੇ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ
ਸਰਦੂਲਗੜ੍ਹ, 02 ਸਤੰਬਰ 2026 (ਪ੍ਰਕਾਸ਼ ਸਿੰਘ ਜ਼ੈਲਦਾਰ)
ਪਿਛਲੇ ਕਾਫੀ ਸਮੇਂ ਚੱਲ ਰਹੇ ਡੀ.ਏ. ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਐਸ.ਐਲ.ਪੀ. ਦਾਇਰ ਕੀਤੀ ਹੈ। ਜ਼ਿਕਰ ਯੋਗ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਡੀ.ਏ. ਨੂੰ ਲੈ ਕੇ ਸੰਘਰਸ਼ ਦੇ ਰਾਹ ‘ਤੇ ਹਨ। ਕੁਝ ਦਿਨ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ 15 ਦਿਨਾਂ ਦੇ ਅੰਦਰ ਮੁਲਾਜ਼ਮਾਂ ਦਾ ਬਣਦਾ ਡੀ.ਏ. ਜਾਰੀ ਕੀਤਾ ਜਾਵੇ।
ਪੰਜਾਬ ਸਰਕਾਰ ਦਾ ਤਰਕ :
ਪੰਜਾਬ ਸਰਕਾਰ ਨੇ ਵਿਸ਼ੇਸ਼ ਛੁੱਟੀ ਪਟੀਸ਼ਨ ਦਾਇਰ ਕਰਦੇ ਹੋਏ ਤਰਕ ਦਿੱਤਾ ਹੈ ਕਿ ਇੰਨੇ ਦਿਨਾਂ ਵਿਚ ਕਰਮਚਾਰੀਆਂ ਨੂੰ 14,191 ਕਰੋੜ ਦੀ ਰਾਸ਼ੀ ਵੰਡਣਾ ਵਿੱੱੱਤੀ ਤੌਰ ਤੇ ਸੰਭਵ ਨਹੀਂ ਹੈ। ਸਰਕਾਰ ਵੱਲੋਂ ਕਿਹਾ ਗਿਆ ਕਿ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਪਹਿਲਾਂ ਹੀ ਜਿਆਦਾ ਹੈ।
ਮੁਲਾਜ਼ਮਾ ਧਿਰ ਵੱਲੋਂ ਅਰਜ਼ੀ :
ਪੰਜਾਬ ਦੇ ਮੁਲਾਜ਼ਮਾਂ ਵੱਲੋਂ ਇਕ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਸਰਕਾਰ ਦੀ ਵਿਸ਼ੇਸ਼ ਛੁੱਟੀ ਪਟੀਸ਼ਨ ‘ਤੇ ਕੋਈ ਵੀ ਫੈਸਲਾ ਕਰਨ ਤੋਂ ਪਹਿਲਾਂ ਸੁਪਰੀਮ ਕੋਰਟ ਉਹਨਾਂ ਦਾ ਪੱਖ ਜ਼ਰੂਰ ਸੁਣੇ।
ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮਾਮਲੇ ਨੂੰ ਸੁਣਵਾਈ ਲਈ ਸੁਪਰੀਮ ਕੋਰਟ ਵੱਲੋਂ ਕਦੋਂ ਸੂਚੀਬੱਧ ਕੀਤਾ ਜਾਵੇਗਾ।